ਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਦੌਰਾਨ ਖੁੱਲ ਕੇ ਸਰਕਾਰੀ ਤੰਤਰ ਦੀ ਵਰਤੋ ਕੀਤੀ-ਕਾਲਾ ਢਿਲੋ
‘ਆਪ’ ਨੇ ਸਰਕਾਰੀ ਖਜਾਨੇ ਦੀ ਖੁੱਲ੍ਹ ਕੇ ਬਰਬਾਦੀ ਕੀਤੀ
ਬਰਨਾਲਾ, 5 ਨਵੰਬਰ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਪੰਜਾਬ ’ਚ ਵੱਡੇ ਬਦਲਾਅ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਬਦਲਾਅ ਦੀ ਪਹਿਲੀ ਕੜੀ ਤੋਂ ਹੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਤੇ ਪੰਜਾਬ ਦੇ ਸਰਕਾਰੀ ਖਜਾਨੇ ਦੀ ਖੁੱਲ੍ਹ ਕੇ ਬਰਬਾਦੀ ਸ਼ੁਰੂ ਕਰ ਦਿੱਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ ’ਚ ਬਹੁਤ ਫਰਕ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜਿਲਾ ਪ੍ਰਧਾਨ ਤੇ ਹਲਕਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਭੈਣੀ ਮਹਿਰਾਜ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕਾਲਾ ਢਿਲੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਰੀ ਤੰਤਰ ਦੀ ਜੰਮ ਕੇ ਦੁਰਵਰਤੋਂ ਕੀਤੀ ਹੈ ਜਦਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ’ਚ ਕੱਢੇ ਗਏ ਰੋਡ ਸ਼ੋਅ ’ਚ ਲੋਕਾਂ ਨੂੰ ਇਕੱਠੇ ਕਰਨ ਲਈ ਪੰਜਾਬ ਰੋਡਵੇਜ ਤੇ ਪਨਬੱਸ ਦੀਆਂ ਸੈਂਕੜੇ ਬੱਸਾਂ ਦੀ ਦੁਰਵਰਤੋਂ ਕਰਕੇ ਸਰਕਾਰੀ ਖਜਾਨੇ ਦੀ ਕਰੋੜਾਂ ਰੁਪਏ ਦੀ ਲੁੱਟ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਵਲੋਂ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਵੀ ਸਰਕਾਰੀ ਮਸ਼ੀਨਰੀ ਦੀ ਜੰਮ ਕੇ ਦੁਰਵਰਤੋਂ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ। ਕਾਂਗਰਸ ਆਗੂ ਢਿੱਲੋਂ ਨੇ ਸਵਾਲ ਕੀਤਾ ਕਿ ਕੀ ਇਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੰਜਾਬ ਮਾਡਲ ਹੈ? ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ‘ਆਪ’ ਸਰਕਾਰ ਦੀਆਂ ਇੰਨ੍ਹਾਂ ਲੋਕ ਵਿਰੋਧੀਆਂ ਨੀਤੀਆਂ ਕਾਰਨ ਅੱਜ ਇਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕਰਨੇ ਤੇ ਸਰਕਾਰ ਬਣਨ ਮਗਰੋਂ ਇਕ ਵੀ ਵਾਅਦਾ ਪੂਰਾ ਨਾ ਕਰਨਾ ਸਾਬਤ ਕਰਦਾ ਹੈ ਕਿ ਇਸ ਪਾਰਟੀ ਦੀ ਕਹਿਣੀ ਤੇ ਕਰਨੀ ’ਚ ਵੱਡਾ ਫਰਕ ਹੈ। ਜਿਸ ਤੋਂ ਲੋਕ ਹੁਣ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜੋ ਹੁਣ ਮੁੜ੍ਹ ਕਾਂਗਰਸ ਦਾ ਸਾਥ ਦੇਣ ਲਈ ਕਾਹਲੇ ਹਨ। ਉਨ੍ਹਾਂ ਬੜੇ ਦਾਅਵੇ ਨਾਲ ਕਿਹਾ ਕਿ ਲੋਕ ਪੰਜਾਬ ਦੀਆਂ ਚਾਰੇ ਜਿਮਣੀ ਚੋਣਾਂ ’ਚ ਕਾਂਗਰਸ ਦਾ ਸਹਿਯੋਗ ਦੇਣਗੇ ਤੇ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣਗੇ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜਰ ਸਨ।